Wq/pa/ਪੰਜਾਬੀ ਅਖਾਣ/ਬ
Appearance
- ਬਹੁਤਾ ਭਲਾ ਨਾ ਬੋਲਣਾ, ਬਹੁਤੀ ਭਲੀ ਨਾ ਚੁੱਪ, ਬਹੁਤਾ ਭਲਾ ਨਾ ਮੇਘਲਾ, ਬਹੁਤੀ ਭਲੀ ਨਾ ਧੁੱਪ: ਬਹੁਤਾ ਬੋਲਣਾ, ਬਹੁਤੀ ਚੁੱਪ, ਬਹੁਤਾ ਮੀਂਹ, ਬਹੁਤੀ ਧੁੱਪ, ਇਹ ਸਭ ਠੀਕ ਨਹੀਂ ਹਨ।
- ਬਹੁਤੀ ਗਈ ਥੋੜ੍ਹੀ ਰਹੀ: ਜਦੋਂ ਕੋਈ ਕੰਮ ਸ਼ੁਰੂ ਕੀਤਾ ਹੋਵੇ ਤਾਂ ਉਸ ਕੰਮ ਦੇ ਖ਼ਤਮ ਹੋਣ ਦਾ ਵਕਤ ਨਜ਼ਦੀਕ ਹੋਵੇ ਜਾਂ ਬੁਢਾਪਾ ਨਜ਼ਦੀਕ ਆਉਣ ਸਮੇਂ ਇਹ ਅਖ਼ਾਣ ਵਰਤਿਆ ਜਾਂਦਾ ਹੈ।
- ਬਦ ਨਾਲੋਂ ਬਦਨਾਮ ਬੁਰਾ: ਬੁਰਾ ਕੰਮ ਕਰਨ ਨਾਲੋ ਝੂਠੀ ਊਜ ਲਗਣੀ ਜਿਆਦਾ ਬੁਰੀ ਹੁੰਦੀ ਹੈ।
- ਬਲਦਾਂ ਦੇ ਚੋਰੀ ਹੋਣ ਪਿੱਛੋਂ ਜੰਦਰਾ ਲਾਉਣ ਦਾ ਕੀ ਲਾਭ: ਘਟਨਾ ਪਿੱਛੋਂ ਤਾਂ ਸਾਰੇ ਹੀ ਸਿਆਣੇ ਹੋ ਜਾਂਦੇ ਹਨ।
- ਬੱਕਰੀ ਆਪਣੀ ਜਾਨੋਂ ਵੀ ਗਈ, ਖਾਣ ਵਾਲੇ ਨੂੰ ਸੁਆਦ ਨਾ ਆਇਆ: ਜਦੋਂ ਇਕ ਜਣਾ ਤਾਂ ਬੜਾ ਔਖਾ ਹੋ ਕੇ, ਕੁਰਬਾਨੀ ਕਰ ਕੇ, ਦੂਜੇ ਦਾ ਕੰਮ ਸੁਆਰਨ ਦਾ ਯਤਨ ਕਰੇ, ਪਰ ਉਹ ਅੱਗੋਂ ਕੀਤੇ ਦੀ ਕਦਰ ਨਾ ਪਾਵੇ, ਤਾਂ ਕਹਿੰਦੇ ਹਨ।
- ਬੱਕਰੀ ਨੇ ਦੁੱਧ ਦਿੱਤਾ, ਪਰ ਮੀਂਗਣਾਂ ਪਾ ਕੇ: ਜਦ ਕੋਈ ਜਣਾ ਕੰਮ ਕਰੇ ਤਾਂ ਸਹੀ, ਪਰ ਕਾਫੀ ਅੜੀ ਤੇ ਨਾਂਹ ਨੁੱਕਰ ਕਰ ਕੇ, ਤਾਂ ਕਹਿੰਦੇ ਹਨ।
- ਬੱਦਲ ਵੀ ਨੀਵਾਂ ਹੋ ਕੇ ਵਰ੍ਹਦਾ ਹੈ: ਕਿਸੇ ਦਾ ਹੰਕਾਰ ਵੇਖ ਕੇ ਉਹਨੂੰ ਨਿਮਰਤਾ ਧਾਰਨ ਲਈ ਉਪਦੇਸ਼ ਹਿਤ ਇਹ ਅਖਾਣ ਵਰਤਦੇ ਹਨ।
- ਬਾਹਰੋਂ ਆਇਆ ਕੱਤਣਾ ਤੇ ਘਰੋਂ ਪਿਆ ਘੱਤਣਾ: ਨਾਲੇ ਤਾਂ ਕਿਸੇ ਦਾ ਕੰਮ ਕਰਨਾ ਤੇ ਨਾਲੇ ਕੁਝ ਪੱਲਿਓਂ ਦੇਣਾ।
- ਬਾਬਾਣੀਆ ਕਹਾਣੀਆ ਪੁੱਤ ਸਪੁੱਤ ਕਰੇਨ: ਨੇਕ ਪੁੱਤਰ ਵੱਡੇ ਵਡੇਰਿਆਂ ਦੀਆ ਪ੍ਰਾਪਤੀਆਂ ਨੂੰ ਯਾਦ ਕਰਦੇ ਹਨ।
- ਬਾਂਦਰ ਕੀ ਜਾਣੇ ਅਦਰਕ ਦਾ ਸੁਆਦ: ਜਦ ਕੋਈ ਘਟੀਆ ਦਰਜੇ ਦਾ ਬੰਦਾ ਵਧੀਆ ਸ਼ੈ ਦੀ ਚਾਹ ਕਰੇ ਜਾਂ ਜਦ ਅਜਿਹੇ ਬੰਦੇ ਨੂੰ ਅਜੇਹੀ ਸ਼ੈ ਮਿਲ ਜਾਵੇ ਤੇ ਉਹ ਉਹਦੀ ਕਦਰ ਨਾ ਕਰੇ, ਤਾਂ ਕਹਿੰਦੇ ਹਨ।
- ਬਾਂਦਰਾਂ ਨੂੰ ਬਨਾਤ ਦੀਆਂ ਟੋਪੀਆਂ: ਜਦ ਕੋਈ ਵਧੀਆ ਸ਼ੈ ਅਜਿਹੇ ਬੰਦੇ ਨੂੰ ਦਿੱਤੀ ਜਾਵੇ ਜਿਹੜਾ ਉਹਦੀ ਕਦਰ ਨਾ ਕਰੇ, ਤਾਂ ਕਹਿੰਦੇ ਹਨ।
- ਬਾਲ ਦਾ ਪੱਜ, ਤੇ ਮਾਂ ਦਾ ਰੱਜ: ਜਦ ਕੋਈ ਜਣਾ ਕਿਸੇ ਹੋਰ ਦਾ ਬਹਾਨਾ ਲਾ ਕੇ ਕੋਈ ਸ਼ੈ ਆਪਣੇ ਲਈ ਪਰਾਪਤ ਕਰੇ ।
- ਬਾਲ ਦੀ ਨਾ ਮਰੇਬਿ ਮਾਂ, ਬੁੱਢੇ ਦੀ ਜੋਰੂ: ਮਾਂ-ਮਹਿੱਟਰ ਬਾਲ ਤੇ ਰੰਡਾ ਬੁੱਢੜਾ ਦੋਵੇਂ ਔਖੇ ਤੇ ਦੁਖੀ ਹੁੰਦੇ ਹਨ।
- ਗ਼ਾਨਾ ਮਹਿਲ ਵੇਖ ਕੇ ਆਪਣੀ ਕੁੱਲੀ ਨਹੀਂ ਸਾੜ ਲਈਦੀ: ਕਿਸੇ ਹੋਰ ਪਾਸ ਚੰਗੀ ਵਧੀਆ ਸ਼ੈ ਵੇਖ ਕੇ ਆਪਣੀਆਂ ਸ਼ੈਆਂ ਬੇਪਸਿੰਦ ਕਰ ਦੇਣੀਆਂ ਠੀਕ ਨਹੀਂ।
- ਬਿਗਾਨੀ ਛਾਹ ਤੇ ਮੁੱਛਾਂ ਨਹੀਂ ਮੁਨਾਈਦੀਆਂ: ਕਿਸੇ ਤੋਂ ਲਾਭ ਪਰਾਪਤ ਕਰਨ ਦੀ ਆਸ ਵਿਚ ਆਪਣਾ ਨੁਕਸਾਨ ਨਹੀਂ ਕਰ ਲੈਣਾ ਚਾਹੀਦਾ।
- ਬਿਗਾਨੀ ਦੰਮੀਂ ਸ਼ਾਹੂਕਾਰ: ਜਦ ਕੋਈ ਜਣਾ ਕਿਸੇ ਪਾਸੋਂ ਮੰਗ ਕੇ ਲਈ ਸ਼ੈ ਉਪਰ ਮਾਣ ਕਰੇ ਤੇ ਆਕੜ ਵਿਖਾਵੇ ।
- ਬਿਨ ਬੁਲਾਏ ਬੋਲਣਾ ਅਹਿਮਕਾਂ ਦਾ ਕੰਮ: ਜਦ ਕੁਝ ਬੰਦੇ ਆਪੋ ਵਿਚ ਗੱਲਾਂ ਕਰ ਰਹੇ ਹੋਣ, ਤੇ ਲਾਗੋਂ ਇਕ ਜਣਾ ਆਪਣੇ ਆਪ ਹੀ ਆਪਣੀ ਰਾਏ ਜਾਂ ਸਲਾਹ ਦੇਣ ਲੱਗ ਪਵੇ ।
- ਬਿਨਾਂ ਰੋਇਆਂ ਤਾਂ ਮਾਂ ਵੀ ਦੁੱਧ ਨਹੀਂ ਦੇਂਦੀ: ਜਿੰਨਾ ਚਿਰ ਉੱਦਮ ਨਾ ਕਰੀਏ, ਕਿਸੇ ਨੂੰ ਆਪਣੀ ਲੋੜ ਨਾ ਦੱਸੀਏ, ਕੋਈ ਲੋੜ ਪੂਰੀ ਨਹੀਂ ਹੋ ਸਕਦੀ।
- ਬਿੱਲੀ ਦੁੱਧ ਦੀ ਰਾਖੀ: ਜਦ ਕਿਸੇ ਨੂੰ ਕਿਸੇ ਸ਼ੈ ਦੀ ਸੌਂਪਨਾ ਕੀਤੀ ਜਾਂ ਰਾਖੀ ਦਿੱਤੀ ਜਾਵੇ ਜਿਸ ਦਾ ਉਹ ਆਪ ਹੀ ਬਹੁਤ ਸ਼ੌਕੀਨ ਤੇ ਲਾਲਚੀ ਹੋਵੇ ਤੇ, ਖਾ-ਪੀ ਛੱਡੇ, ਤਾਂ ਆਖਦੇ ਹਨ।
- ਬਿੱਲੀ ਦੇ ਸਿਰ੍ਹਾਣੇ ਦੁੱਧ ਨਹੀ ਜੰਮਦਾ: ਜਿੱਥੇ ਲੁੱਟ ਪੁੱਟ ਕਰਨ ਵਾਲੇ ਹੋਣ, ਉੱਥੇ ਬਰਕਤ ਨਹੀਂ ਪੈਂਦੀ।
- ਬਿੱਲੀ ਨੂੰ ਚੂਹਿਆਂ ਦੇ ਸੁਫ਼ਨੇ: ਜਦ ਕਿਸੇ ਨੂੰ ਆਪਣੇ ਹੀ ਮਤਲਬ ਦੀ ਗੱਲ ਸੁੱਝੇ, ਤਾਂ ਕਹਿੰਦੇ ਹਨ।
- ਬਿੱਲੀ ਨੇ ਸ਼ੀਂਹ ਪੜ੍ਹਾਇਆ ਤੇ ਸ਼ੀਂਹ ਬਿੱਲੀ ਨੂੰ ਖਾਣ ਆਇਆ: ਸਾਡੀ ਬਿੱਲੀ ਸਾਨੂੰ ਹੀ ਮਿਆਉਂ: ਜਦ ਕਿਸੇ ਆਦਮੀ ਨੂੰ ਪਾਲ ਪੋਸ ਕੇ, ਸਿਖਾ-ਪੜ੍ਹਾ ਕੇ ਵੱਡਾ ਕਰੀਏ, ਅਤੇ ਅੱਗੋਂ ਆਪਣਾ ਜ਼ੋਰ ਸਿਆਣਪ ਸਾਡੇ ਵਿਰੁਧ ਹੀ ਵਰਤਣ ਲੱਗ ਪਵੇ, ਤਾਂ ਇਹ ਅਖਾਣ ਵਰਤੀਦਾ ਹੈ।
- ਬਿੱਲੀ ਭਾਣੇ ਛਿੱਕਾ ਟੁੱਟਾ ਮੈ ਜਾਣਾ ਪਰਮੇਸਵਰ ਤੁੱਠਾ: ਕਿਸੇ ਦਾ ਨੁਕਕਸਾਨ ਹੋਣ ਤੇ ਅਚਾਨਕ ਹੀ ਕਿਸੇ ਨੂੰ ਲਾਭ ਲੈਣ ਦਾ ਮੌਕਾ ਮਿਲ ਜਾਣਾ।
- ਬੀਜਿਆ ਨਾ ਵਾਹਿਆ, ਘੜੰਮ ਪੱਲਾ ਡਾਹਿਆ: ਜਦ ਕੋਈ ਜਣਾ ਕਿਸੇ ਦੇ ਕੰਮ ਵਿਚ ਤਾਂ ਹਿੱਸਾ ਨਾ ਲਵੇ, ਪਰ ਇਸ ਕੰਮ ਦੇ ਫਲ ਵਿਚੋਂ ਧੱਕੇ ਨਾਲ ਹਿੱਸਾ ਮੰਗੇ, ਤਾਂ ਕਹਿੰਦੇ ਹਨ।
- ਬੁੱਢਾ ਚੋਰ ਮਸੀਤੇ ਡੇਰਾ: ਨੌਂ ਸੌ ਚੂਹਾ ਖਾ ਕੇ ਬਿੱਲੀ ਹੱਜ ਨੂੰ ਚੱਲੀ।
- ਬੂਹੇ ਬੈਠੀ ਜੰਨ, ਤੇ ਵਿੰਨ੍ਹੋ ਕੁੜੀ ਦੇ ਕੰਨ: ਘਰ ਨੂੰ ਲੱਗੀ ਅੱਗ, ਤਾਂ ਖੂਹ ਪੁੱਟਣ ਜਾਓ: ਜਦ ਕੋਈ ਜਣਾ ਆਉਣ ਵਾਲੀ ਲੋੜ ਲਈ ਪਹਿਲਾਂ ਵੇਲੇ ਸਿਰ ਤਿਆਰੀ ਨਾ ਕਰੇ, ਤੇ ਲੋੜ ਸਿਰ ਤੇ ਪੈਣ ਤੇ ਨੱਸਣ-ਭੱਜਣ ਲੱਗ ਪਵੇ ਤਾਂ ਕਹਿੰਦੇ ਹਨ।
- ਬੇਕਾਰ ਨਾਲੋਂ ਵਗਾਰ ਚੰਗੀ: ਬਹਿ ਕੇ ਮੱਖੀਆਂ ਮਾਰਨ ਨਾਲੋਂ ਕਿਸੇ ਹੋਰ ਦਾ ਸਖਤ ਕੰਮ ਕਰ ਦੇਣਾ ਚੰਗਾ ਹੈ।
- ਬੁਰਾ ਹਾਲ ਤੇ ਬਾਂਕੇ ਦਿਹਾੜੇ: ਜਦੋਂ ਕਿਸੇ ਬੰਦੇ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਹੋਵੇ ਤਾਂ ਉਦੋਂ ਵਰਤਦੇ ਹਨ।
- ਬੂਰ ਦੇ ਲੱਡੂ ਖਾਏ ਉਹ ਪਛਤਾਵੇ ਨਾ ਖਾਵੇ ਉਹ ਵੀ ਪਛਤਾਵੇ: ਕੋਈ ਅਜਿਹੀ ਚੀਜ ਜੋ ਖਾਧੀ ਨਾ ਜਾ ਸਕੇ ਤੇ ਨਾ ਛੱਡੀ ਜਾ ਸਕੇ।